ਮੋਹਾਲੀ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਅਗਲੀ ਤਾਰੀਖ਼ ‘ਤੇ ਫਿਜੀਕਲ ਤੌਰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਈਡੀ ਵੱਲੋਂ ਦਿੱਤੇ ਗਏ ਗਵਾਹਾਂ ਨੂੰ ਵੀ ਸਬੂਤਾਂ ਸਮੇਤ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਈਡੀ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ 2015 ਵਿੱਚ ਜਲਾਲਾਬਾਦ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਹ ਮਾਮਲਾ ਡਰੱਗ ਮਾਮਲੇ ਨਾਲ ਸਬੰਧਤ ਸੀ। ਸਾਲ 2017 ਵਿੱਚ ਈਡੀ ਨੇ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਵਿੱਚ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਸੀ। ਖਹਿਰਾ ਨੂੰ ਇਸ ਵਿੱਚ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਜਦੋਂ ਹੋਰਨਾ ਨੂੰ ਸਜ਼ਾ ਹੋਈ ਤਾਂ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਸੀ।
ਇਸਦੇ ਨਾਲ ਹੀ 2022 ‘ਚ ਸੁਪਰੀਮ ਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਰਾਹਤ ਦਿੱਤੀ ਸੀ ਪਰ ਅਦਾਲਤ ਨੇ ਆਪਣੇ ਹੁਕਮਾਂ ‘ਚ ਲਿਖਿਆ ਸੀ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਮੁੜ ਤੋਂ ਜਾਂਚ ਕਰ ਸਕਦੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਦੀ ਮੁੜ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪਿਛਲੇ ਮਹੀਨੇ ਸੁਖਪਾਲ ਸਿੰਘ ਖਹਿਰਾ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਸੀ।